-
ਮੱਤੀ 14:15-21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਫਿਰ ਸ਼ਾਮ ਹੋ ਜਾਣ ਤੇ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ; ਲੋਕਾਂ ਨੂੰ ਘੱਲ ਦੇ ਤਾਂਕਿ ਉਹ ਪਿੰਡਾਂ ਵਿਚ ਜਾ ਕੇ ਆਪਣੇ ਖਾਣ ਵਾਸਤੇ ਕੁਝ ਖ਼ਰੀਦ ਲੈਣ।”+ 16 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਉਨ੍ਹਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ; ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” 17 ਉਨ੍ਹਾਂ ਨੇ ਉਸ ਨੂੰ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ।” 18 ਉਸ ਨੇ ਕਿਹਾ: “ਲਿਆਓ ਮੈਨੂੰ ਦਿਓ।” 19 ਇਸ ਤੋਂ ਬਾਅਦ ਉਸ ਨੇ ਲੋਕਾਂ ਨੂੰ ਘਾਹ ʼਤੇ ਬੈਠਣ ਲਈ ਕਿਹਾ। ਫਿਰ ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਅਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ+ ਅਤੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੰਡੀਆਂ। 20 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। ਫਿਰ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ।+ 21 ਉਦੋਂ ਤੀਵੀਆਂ ਅਤੇ ਬੱਚਿਆਂ ਤੋਂ ਇਲਾਵਾ 5,000 ਆਦਮੀਆਂ ਨੇ ਖਾਣਾ ਖਾਧਾ ਸੀ।+
-
-
ਲੂਕਾ 9:12-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਫਿਰ ਜਦ ਦਿਨ ਢਲ਼ਣ ਲੱਗਾ, ਤਾਂ ਉਸ ਦੇ 12 ਰਸੂਲਾਂ ਨੇ ਆ ਕੇ ਉਸ ਨੂੰ ਕਿਹਾ: “ਲੋਕਾਂ ਨੂੰ ਘੱਲ ਦੇ ਤਾਂਕਿ ਉਹ ਜਾ ਕੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਪਣੇ ਰਹਿਣ ਅਤੇ ਖਾਣ ਦਾ ਇੰਤਜ਼ਾਮ ਕਰ ਸਕਣ ਕਿਉਂਕਿ ਆਪਾਂ ਇੱਥੇ ਉਜਾੜ ਥਾਂ ਵਿਚ ਬੈਠੇ ਹਾਂ।”+ 13 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।”+ ਉਨ੍ਹਾਂ ਨੇ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ, ਜਾਂ ਫਿਰ ਸਾਨੂੰ ਜਾ ਕੇ ਇਨ੍ਹਾਂ ਸਾਰੇ ਲੋਕਾਂ ਲਈ ਖਾਣਾ ਖ਼ਰੀਦਣਾ ਪਵੇਗਾ।” 14 ਉੱਥੇ ਤਕਰੀਬਨ 5,000 ਆਦਮੀ ਸਨ। ਪਰ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਲੋਕਾਂ ਨੂੰ 50-50 ਦੀਆਂ ਟੋਲੀਆਂ ਬਣਾ ਕੇ ਬਿਠਾਓ।” 15 ਉਨ੍ਹਾਂ ਨੇ ਇਸੇ ਤਰ੍ਹਾਂ ਕੀਤਾ ਅਤੇ ਸਾਰਿਆਂ ਨੂੰ ਬਿਠਾ ਦਿੱਤਾ। 16 ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫਿਰ ਉਸ ਨੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂਕਿ ਉਹ ਲੋਕਾਂ ਨੂੰ ਵੰਡਣ। 17 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। ਫਿਰ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ।+
-