ਸ਼ਨੀਵਾਰ 9 ਅਗਸਤ
ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਹਰ ਰੋਜ਼ ਆਪਣੀ ਤਸੀਹੇ ਦੀ ਸੂਲ਼ੀ ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਦਾ ਰਹੇ।—ਲੂਕਾ 9:23.
ਹੋ ਸਕਦਾ ਹੈ ਕਿ ਤੁਹਾਡੇ ਘਰਦਿਆਂ ਨੇ ਤੁਹਾਡਾ ਵਿਰੋਧ ਕੀਤਾ ਹੋਵੇ ਜਾਂ ਫਿਰ ਰਾਜ ਦੇ ਕੰਮਾਂ ਨੂੰ ਪਹਿਲ ਦੇਣ ਲਈ ਤੁਸੀਂ ਜ਼ਿਆਦਾ ਪੈਸਾ ਕਮਾਉਣ ਦਾ ਮੌਕਾ ਛੱਡਿਆ ਹੋਵੇ। (ਮੱਤੀ 6:33) ਜੇ ਇੱਦਾਂ ਹੈ, ਤਾਂ ਤੁਸੀਂ ਯਕੀਨ ਰੱਖ ਸਕਦੇ ਹੋ ਕਿ ਤੁਸੀਂ ਜੋ ਵੀ ਤਿਆਗ ਕੀਤੇ ਹਨ, ਯਹੋਵਾਹ ਉਨ੍ਹਾਂ ਨੂੰ ਕਦੇ ਨਹੀਂ ਭੁੱਲੇਗਾ। (ਇਬ. 6:10) ਹੋ ਸਕਦਾ ਹੈ ਕਿ ਇਹ ਤਿਆਗ ਕਰ ਕੇ ਤੁਸੀਂ ਆਪਣੀ ਜ਼ਿੰਦਗੀ ਵਿਚ ਯਿਸੂ ਦੀ ਕਹੀ ਇਹ ਗੱਲ ਸੱਚ ਸਾਬਤ ਹੁੰਦੀ ਦੇਖੀ ਹੋਣੀ: “ਜਿਸ ਨੇ ਵੀ ਮੇਰੀ ਖ਼ਾਤਰ ਅਤੇ ਖ਼ੁਸ਼ ਖ਼ਬਰੀ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ, ਉਹ ਹੁਣ ਇਹ ਸਭ 100 ਗੁਣਾ ਪਾਵੇਗਾ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਤੇ ਖੇਤ, ਪਰ ਅਤਿਆਚਾਰਾਂ ਨਾਲ ਅਤੇ ਆਉਣ ਵਾਲੇ ਸਮੇਂ ਵਿਚ ਹਮੇਸ਼ਾ ਦੀ ਜ਼ਿੰਦਗੀ।” (ਮਰ. 10:29, 30) ਸੱਚ-ਮੁੱਚ, ਤੁਸੀਂ ਜ਼ਰੂਰ ਇਹ ਮਹਿਸੂਸ ਕੀਤਾ ਹੋਣਾ ਕਿ ਤੁਸੀਂ ਜਿੰਨੇ ਵੀ ਤਿਆਗ ਕੀਤੇ ਹਨ, ਉਨ੍ਹਾਂ ਨਾਲੋਂ ਕਿਤੇ ਜ਼ਿਆਦਾ ਤੁਹਾਨੂੰ ਬਰਕਤਾਂ ਮਿਲੀਆਂ ਹਨ।—ਜ਼ਬੂ. 37:4. w24.03 9 ਪੈਰਾ 5
ਐਤਵਾਰ 10 ਅਗਸਤ
ਸੱਚਾ ਦੋਸਤ ਹਰ ਵੇਲੇ ਪਿਆਰ ਕਰਦਾ ਹੈ ਅਤੇ ਦੁੱਖ ਦੀ ਘੜੀ ਵਿਚ ਭਰਾ ਬਣ ਜਾਂਦਾ ਹੈ।—ਕਹਾ. 17:17.
ਜਦੋਂ ਯਹੂਦਿਯਾ ਵਿਚ ਇਕ ਵੱਡਾ ਕਾਲ਼ ਪਿਆ, ਤਾਂ ਅੰਤਾਕੀਆ ਦੇ ਭੈਣਾਂ-ਭਰਾਵਾਂ ਨੇ “ਫ਼ੈਸਲਾ ਕੀਤਾ ਕਿ ਹਰੇਕ ਜਣਾ ਆਪਣੀ ਹੈਸੀਅਤ ਅਨੁਸਾਰ ਯਹੂਦਿਯਾ ਦੇ ਲੋੜਵੰਦ ਭਰਾਵਾਂ ਲਈ ਚੀਜ਼ਾਂ ਘੱਲੇ।” (ਰਸੂ. 11:27-30) ਭਾਵੇਂ ਕਿ ਉਹ ਯਹੂਦਿਯਾ ਦੇ ਮਸੀਹੀਆਂ ਤੋਂ ਬਹੁਤ ਦੂਰ ਰਹਿੰਦੇ ਸਨ, ਫਿਰ ਵੀ ਉਹ ਉਨ੍ਹਾਂ ਦੀ ਮਦਦ ਕਰਨ ਤੋਂ ਪਿੱਛੇ ਨਹੀਂ ਹਟੇ। (1 ਯੂਹੰ. 3:17, 18) ਅੱਜ ਅਸੀਂ ਵੀ ਹਮਦਰਦੀ ਦਿਖਾ ਸਕਦੇ ਹਾਂ ਜਦੋਂ ਸਾਨੂੰ ਪਤਾ ਲੱਗਦਾ ਹੈ ਕਿ ਸਾਡੇ ਭੈਣਾਂ-ਭਰਾਵਾਂ ʼਤੇ ਕੋਈ ਆਫ਼ਤ ਆਈ ਹੈ। ਅਸੀਂ ਝੱਟ ਕਦਮ ਚੁੱਕਦੇ ਹਾਂ, ਜਿਵੇਂ ਕਿ ਸ਼ਾਇਦ ਅਸੀਂ ਉਨ੍ਹਾਂ ਭੈਣਾਂ-ਭਰਾਵਾਂ ਦੀ ਮਦਦ ਕਰਨ ਬਾਰੇ ਬਜ਼ੁਰਗਾਂ ਨੂੰ ਪੁੱਛ ਸਕਦੇ ਹਾਂ, ਪੂਰੀ ਦੁਨੀਆਂ ਵਿਚ ਹੋ ਰਹੇ ਕੰਮਾਂ ਲਈ ਦਾਨ ਦੇ ਸਕਦੇ ਹਾਂ ਅਤੇ ਆਫ਼ਤ ਵਾਲੇ ਇਲਾਕਿਆਂ ਵਿਚ ਰਹਿਣ ਵਾਲੇ ਭੈਣਾਂ-ਭਰਾਵਾਂ ਲਈ ਪ੍ਰਾਰਥਨਾ ਕਰ ਸਕਦੇ ਹਾਂ। ਸ਼ਾਇਦ ਸਾਡੇ ਭੈਣਾਂ-ਭਰਾਵਾਂ ਨੂੰ ਰੋਜ਼ਮੱਰਾ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਸਾਡੀ ਮਦਦ ਦੀ ਲੋੜ ਪਵੇ। ਹਮਦਰਦੀ ਹੋਣ ਕਰਕੇ ਅਸੀਂ ਆਪਣੇ ਭੈਣਾਂ-ਭਰਾਵਾਂ ਦੀ ਮਦਦ ਕਰਾਂਗੇ। ਫਿਰ ਜਦੋਂ ਸਾਡਾ ਰਾਜਾ ਯਿਸੂ ਮਸੀਹ ਇਸ ਦੁਨੀਆਂ ਦਾ ਨਿਆਂ ਕਰਨ ਆਵੇਗਾ ਅਤੇ ਸਾਨੂੰ ਹਮਦਰਦੀ ਕਰਦਿਆਂ ਦੇਖੇਗਾ, ਤਾਂ ਉਹ ਸਾਨੂੰ “ਰਾਜ ਨੂੰ ਕਬੂਲ” ਕਰਨ ਦਾ ਸੱਦਾ ਦੇਵੇਗਾ।—ਮੱਤੀ 25:34-40. w23.07 4 ਪੈਰੇ 9-10; 6 ਪੈਰਾ 12
ਸੋਮਵਾਰ 11 ਅਗਸਤ
ਸਾਰਿਆਂ ਸਾਮ੍ਹਣੇ ਆਪਣੀ ਸਮਝਦਾਰੀ ਦਾ ਸਬੂਤ ਦਿਓ।—ਫ਼ਿਲਿ. 4:5.
ਯਹੋਵਾਹ ਦੀ ਰੀਸ ਕਰਦਿਆਂ ਯਿਸੂ ਵੀ ਫੇਰ-ਬਦਲ ਕਰਨ ਲਈ ਤਿਆਰ ਰਹਿੰਦਾ ਸੀ। ਉਸ ਨੂੰ ਧਰਤੀ ਉੱਤੇ “ਇਜ਼ਰਾਈਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ” ਨੂੰ ਪ੍ਰਚਾਰ ਕਰਨ ਲਈ ਭੇਜਿਆ ਗਿਆ ਸੀ। ਪਰ ਉਸ ਨੇ ਇਹ ਜ਼ਿੰਮੇਵਾਰੀ ਪੂਰੀ ਕਰਦਿਆਂ ਦਿਖਾਇਆ ਕਿ ਉਹ ਆਪਣੀ ਗੱਲ ʼਤੇ ਅੜਿਆ ਨਹੀਂ ਰਹਿੰਦਾ। ਇਕ ਮੌਕੇ ʼਤੇ ਇਕ ਗ਼ੈਰ-ਇਜ਼ਰਾਈਲੀ ਔਰਤ ਉਸ ਅੱਗੇ ਤਰਲੇ ਕਰਨ ਲੱਗੀ ਕਿ ਉਹ ਉਸ ਦੀ ਧੀ ਨੂੰ ਠੀਕ ਕਰ ਦੇਵੇ। ਉਸ ਦੀ ਧੀ ਨੂੰ “ਦੁਸ਼ਟ ਦੂਤ ਚਿੰਬੜਿਆ ਹੋਇਆ” ਸੀ। ਯਿਸੂ ਨੇ ਹਮਦਰਦੀ ਦਿਖਾਉਂਦਿਆਂ ਉਸ ਔਰਤ ਦੀ ਧੀ ਨੂੰ ਠੀਕ ਕਰ ਦਿੱਤਾ। (ਮੱਤੀ 15:21-28) ਇਕ ਹੋਰ ਉਦਾਹਰਣ ʼਤੇ ਗੌਰ ਕਰੋ। ਆਪਣੀ ਸੇਵਕਾਈ ਸ਼ੁਰੂ ਕਰਨ ਤੋਂ ਕੁਝ ਸਮੇਂ ਬਾਅਦ ਯਿਸੂ ਨੇ ਕਿਹਾ ਸੀ: ‘ਜੋ ਮੈਨੂੰ ਕਬੂਲ ਨਹੀਂ ਕਰਦਾ, ਮੈਂ ਵੀ ਉਸ ਨੂੰ ਕਬੂਲ ਨਹੀਂ ਕਰਾਂਗਾ।’ (ਮੱਤੀ 10:33) ਜ਼ਰਾ ਸੋਚੋ ਕਿ ਪਤਰਸ ਨੇ ਤਾਂ ਯਿਸੂ ਨੂੰ ਪਛਾਣਨ ਤੋਂ ਤਿੰਨ ਵਾਰ ਇਨਕਾਰ ਕੀਤਾ ਸੀ, ਪਰ ਕੀ ਯਿਸੂ ਨੇ ਉਸ ਨੂੰ ਤਿਆਗ ਦਿੱਤਾ ਸੀ? ਨਹੀਂ। ਯਿਸੂ ਜਾਣਦਾ ਸੀ ਕਿ ਪਤਰਸ ਨੇ ਦਿਲੋਂ ਤੋਬਾ ਕੀਤੀ ਸੀ ਅਤੇ ਉਹ ਵਫ਼ਾਦਾਰ ਆਦਮੀ ਸੀ। ਯਿਸੂ ਜੀਉਂਦਾ ਹੋਣ ਤੋਂ ਬਾਅਦ ਪਤਰਸ ਅੱਗੇ ਪ੍ਰਗਟ ਹੋਇਆ। ਯਿਸੂ ਨੇ ਉਸ ਨੂੰ ਭਰੋਸਾ ਦਿਵਾਇਆ ਕਿ ਉਸ ਨੇ ਪਤਰਸ ਨੂੰ ਮਾਫ਼ ਕਰ ਦਿੱਤਾ ਸੀ ਅਤੇ ਉਹ ਉਸ ਨੂੰ ਅਜੇ ਵੀ ਪਿਆਰ ਕਰਦਾ ਸੀ। (ਲੂਕਾ 24:33, 34) ਯਹੋਵਾਹ ਪਰਮੇਸ਼ੁਰ ਅਤੇ ਯਿਸੂ ਮਸੀਹ ਫੇਰ-ਬਦਲ ਕਰਨ ਲਈ ਤਿਆਰ ਰਹਿੰਦੇ ਹਨ। ਸਾਡੇ ਬਾਰੇ ਕੀ? ਯਹੋਵਾਹ ਚਾਹੁੰਦਾ ਹੈ ਕਿ ਅਸੀਂ ਵੀ ਸਮਝਦਾਰੀ ਦਿਖਾਉਂਦੇ ਹੋਏ ਫੇਰ-ਬਦਲ ਕਰਨ ਲਈ ਤਿਆਰ ਰਹੀਏ। w23.07 21 ਪੈਰੇ 6-7